ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਜਸ਼ਨਾਂ ਲਈ ਲਗਪਗ 1,900 ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਮੰਗਲਵਾਰ ਨੂੰ ਅਟਾਰੀ-ਵਾਹਗਾ ਸਰਹੱਦ ਰਾਹੀਂ ਪਾਕਿਸਤਾਨ ਗਿਆ ਸੀ। ਅਮਰ ਚੰਦ ਵੀ ਉਸੇ ਜਥੇ ਦਾ ਹਿੱਸਾ ਸੀ ਅਤੇ ਪ੍ਰਕਾਸ਼ ਪੁਰਬ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਪਰਿਵਾਰ ਸਮੇਤ ਜਾਣਾ ਚਾਹੁੰਦਾ ਸੀ।
ਭਾਵੁਕ ਹੁੰਦਿਆਂ ਉਨ੍ਹਾਂ ਦੱਸਿਆ ਕਿ, ‘‘ਪਾਕਿਸਤਾਨੀ ਅਧਿਕਾਰੀਆਂ ਨੇ ਸਾਨੂੰ ਕਿਹਾ ਕਿ ਤੁਸੀਂ ਹਿੰਦੂ ਹੋ, ਤੁਸੀਂ ਸਿੱਖ ਜਥੇ ਨਾਲ ਨਹੀਂ ਜਾ ਸਕਦੇ।” ਅਤੇ ਅਮਰ ਚੰਦ ਨੂੰ ਉਸ ਦੇ ਪਰਿਵਾਰ ਦੇ ਛੇ ਹੋਰ ਮੈਂਬਰਾਂ ਸਮੇਤ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਗੁਆਂਢੀ ਦੇਸ਼ ਵਿੱਚ ਦਾਖਲ ਹੋਣ ਤੋਂ ਬਾਅਦ ਵਾਪਸ ਭੇਜ ਦਿੱਤਾ ਗਿਆ। ਚੰਦ ਨੇ ਦਾਅਵਾ ਕੀਤਾ ਕਿ ਉਹ ਸਿੱਖ ਧਰਮ ਦੇ ਬਾਨੀ ਦੇ ਪ੍ਰਕਾਸ਼ ਪੁਰਬ ਦੇ ਮੌਕੇ ’ਤੇ ਪਾਕਿਸਤਾਨ ਦੇ ਗੁਰਦੁਆਰਿਆਂ ਵਿੱਚ ਮੱਥਾ ਟੇਕਣਾ ਚਾਹੁੰਦੇ ਸਨ। ਉਨ੍ਹਾਂ ਕਿਹਾ ਕਿ ਉਸ ਨੂੰ ਅਤੇ ਉਸ ਦੇ ਪਰਿਵਾਰ ਦੇ ਛੇ ਮੈਂਬਰਾਂ ਨੂੰ ਇਸ ਲਈ ਵਾਪਸ ਭੇਜ ਦਿੱਤਾ ਗਿਆ ਕਿਉਂਕਿ ਉਹ ਹਿੰਦੂ ਸਨ। ਉਨ੍ਹਾਂ ਦਾਅਵਾ ਕੀਤਾ ਕਿ ਉਨ੍ਹਾਂ ਨੇ ਅਟਾਰੀ-ਵਾਹਗਾ ਜ਼ਮੀਨੀ ਰਸਤੇ ਰਾਹੀਂ ਪਾਕਿਸਤਾਨ ਵਿੱਚ ਦਾਖਲ ਹੋਣ ਦੀਆਂ ਸਾਰੀਆਂ ਰਸਮਾਂ ਪੂਰੀਆਂ ਕਰ ਲਈਆਂ ਸਨ।










