ਮਾਨਸਾ : ਮਾਨਸਾ ਜ਼ਿਲ੍ਹੇ ਦੇ ਪਿੰਡ ਨੰਗਲ ਕਲਾਂ ਦੇ ਸਰਪੰਚ ਵੱਲੋਂ ਪਿੰਡ ਵਿੱਚ ਨਸ਼ਾ ਵੇਚਣ ਵਾਲੇ ਪਰਿਵਾਰ ਨੂੰ ਪਿੰਡ ‘ਚੋਂ ਬਾਹਰ ਕੱਢਣ ਦਾ ਐਲਾਨ ਕੀਤਾ ਗਿਆ ਤੇ ਨਾਲ ਹੀ ਪਿੰਡ ਦੀ ਸਹਿਮਤੀ ਦੇ ਲਈ ਸਵੇਰੇ 11 ਵਜੇ ਪਿੰਡ ਵਿੱਚ ਇਕੱਠ ਵੀ ਬੁਲਾਇਆ ਗਿਆ, ਜਿਸ ਦੀ ਸੋਸ਼ਲ ਮੀਡੀਆ ਤੇ ਵੀਡੀਓ ਵੀ ਵਾਇਰਲ ਹੋ ਰਹੀ ਹੈ। ਪੁਲਿਸ ਪ੍ਰਸਾਸਨ ਤੋਂ ਤਰੁੰਤ ਨਸ਼ਾ ਵੇਚਣ ਵਾਲਿਆਂ ਤੇ ਕਾਰਵਾਈ ਦੀ ਮੰਗ ਕੀਤੀ ਹੈ।
ਜ਼ਿਕਰਯੋਗ ਹੈ ਕਿ ਨਸ਼ਿਆਂ ਖ਼ਿਲਾਫ਼ ਜਿੱਥੇ ਪੰਜਾਬ ਪੁਲਿਸ ਵੱਲੋਂ ਲਗਾਤਾਰ ਨਸ਼ਾ ਤਸਕਰਾਂ ਤੇ ਕਾਰਵਾਈ ਕੀਤੀ ਜਾ ਰਹੀ ਹੈ, ਉੱਥੇ ਹੀ ਮਾਨਸਾ ਜ਼ਿਲ੍ਹੇ ਦੇ ਪਿੰਡ ਨੰਗਲ ਕਲਾਂ ਦੀ ਪੰਚਾਇਤ ਵੱਲੋਂ ਵੀ ਪਿੰਡ ਵਿੱਚ ਨਸ਼ਾ ਵੇਚਣ ਵਾਲੇ ਇੱਕ ਪਰਿਵਾਰ ਨੂੰ ਪਿੰਡ ‘ਚੋਂ ਬਾਹਰ ਕੱਢਣ ਦਾ ਐਲਾਨ ਕੀਤਾ ਗਿਆ।
ਸੋਸ਼ਲ ਮੀਡੀਆ ਤੇ ਸਰਪੰਚ ਰੇਸ਼ਮ ਸਿੰਘ ਜਿੰਦਾ ਵੱਲੋਂ ਵੀਡੀਓ ਵੀ ਵਾਇਰਲ ਕੀਤੀ ਗਈ ਹੈ। ਇਸ ਵਿੱਚ ਸਰਪੰਚ ਵੱਲੋਂ ਕਿਹਾ ਜਾ ਰਿਹਾ ਹੈ ਕਿ ਇਸ ਪਰਿਵਾਰ ਵੱਲੋਂ ਪਹਿਲਾਂ ਵੀ ਨਸ਼ਾ ਵੇਚਿਆ ਜਾ ਰਿਹਾ ਸੀ ਤੇ ਇਸ ਪਿੰਡ ਵਿੱਚ ਪਰਿਵਾਰ ਨੇ ਪਿੰਡ ਤੋਂ ਗੁਰਦੁਆਰਾ ਸਾਹਿਬ ਦੇ ਬਾਹਰ ਖੜ੍ਹ ਕੇ ਮੁਆਫ਼ੀ ਮੰਗੀ ਸੀ ਅਤੇ ਕਿਹਾ ਸੀ ਕਿ ਉਹ ਅੱਗੇ ਤੋਂ ਕਦੇ ਵੀ ਨਸ਼ਾ ਨਹੀਂ ਵੇਚਣਗੇ ਅਤੇ ਪੁਲਿਸ ਪ੍ਰਸ਼ਾਸਨ ਉਨ੍ਹਾਂ ’ਤੇ ਬਿਨਾਂ ਵਜ੍ਹਾ ਪਰਚੇ ਦਰਜ ਕਰ ਰਿਹਾ ਹੈ।










