ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਨੇ ਭਾਜਪਾ, ਕਾਂਗਰਸ ਅਤੇ ਅਕਾਲੀ ਦਲ ’ਤੇ ਇੱਕ ਦੁਖਦ ਮੌਤ ਦਾ ਸਿਆਸੀ ਫਾਇਦਾ ਲੈਣ ਦਾ ਦੋਸ਼ ਲਾਇਆ ਹੈ। ਪਾਰਟੀ ਨੇ ਕਿਹਾ ਕਿ ਪੀੜਤ ਪਰਿਵਾਰ ਨੂੰ ਸੋਗ ਮਨਾਉਣ ਦੀ ਇਜਾਜ਼ਤ ਦਿੱਤੀ ਜਾਣੀ ਚਾਹੀਦੀ ਹੈ। ਆਪ ਦੇ ਸੂਬਾ ਜਨਰਲ ਸਕੱਤਰ ਬਲਤੇਜ ਪੰਨੂ ਨੇ ਕਿਹਾ ਕਿ ਵਿਰੋਧੀ ਪਾਰਟੀਆਂ ‘ਗਿਰਧਾਂ ਵਾਲੀ ਰਾਜਨੀਤੀ’ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਜਦੋਂ ਦਿੱਲੀ ਦੀਆਂ ਸਰਹੱਦਾਂ ’ਤੇ 750 ਕਿਸਾਨਾਂ ਦੀ ਮੌਤ ਹੋਈ ਤਾਂ ਵਿਰੋਧੀ ਧਿਰ ਨੇ ਕੋਈ ਸੰਵੇਦਨਸ਼ੀਲਤਾ ਨਹੀਂ ਦਿਖਾਈ।
ਪੰਨੂ ਨੇ ਕਿਹਾ ਕਿ ਵਿਰੋਧੀ ਧਿਰ ਨੇ ਤੁਰੰਤ ਮੌਜੂਦਾ ਸਥਿਤੀ ਦਾ ਰਾਜਨੀਤਿਕ ਲਾਭ ਉਠਾਉਣ ਦੀ ਕੋਸ਼ਿਸ਼ ਕੀਤੀ। ਉਨ੍ਹਾਂ ਦੋਸ਼ ਲਗਾਇਆ ਕਿ ਰਵਾਇਤੀ ਪਾਰਟੀਆਂ ਨੇ ਪੰਜਾਬ ਨੂੰ ਦਲਦਲ ਵਿੱਚ ਧੱਕ ਦਿੱਤਾ ਹੈ। ਉਨ੍ਹਾਂ ਕਿਹਾ, “ਪੰਜਾਬ ਇੱਕ ਸੰਵੇਦਨਸ਼ੀਲ ਸੂਬਾ ਹੈ। ਵਿਰੋਧੀ ਧਿਰ ਨੂੰ ਇਸ ਮਾਮਲੇ ਵਿੱਚ ਹੋਰ ਸੰਵੇਦਨਸ਼ੀਲਤਾ ਦਿਖਾਉਣੀ ਚਾਹੀਦੀ ਹੈ।” ਪੰਨੂ ਨੇ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਹਰ ਨਾਗਰਿਕ ਦੇ ਨਾਲ ਖੜ੍ਹੀ ਹੈ ਅਤੇ ਅਜਿਹੀ ਰਾਜਨੀਤੀ ਨੂੰ ਬਰਦਾਸ਼ਤ ਨਹੀਂ ਕਰੇਗੀ।










