ਫਗਵਾੜਾ ਵਿੱਚ ਅੱਜ ਸਵੇਰੇ ਉਸ ਸਮੇਂ ਦਹਿਸ਼ਤ ਫੈਲ ਗਈ ਜਦੋਂ ਹੁਸ਼ਿਆਰਪੁਰ ਰੋਡ ’ਤੇ ਸਥਿਤ ਮਸ਼ਹੂਰ ਮਿਠਾਈ ਦੀ ਦੁਕਾਨ ‘ਸੁਧੀਰ ਸਵੀਟਸ’ ’ਤੇ ਅਣਪਛਾਤੇ ਹਮਲਾਵਰਾਂ ਨੇ ਅੰਨ੍ਹੇਵਾਹ ਫਾਇਰਿੰਗ ਕਰ ਦਿੱਤੀ। ਇਹ ਘਟਨਾ ਸਵੇਰੇ ਕਰੀਬ 6:45 ਵਜੇ ਵਾਪਰੀ ਜਦੋਂ ਇੱਕ ਐਕਟਿਵਾ ਸਕੂਟਰ ’ਤੇ ਸਵਾਰ ਤਿੰਨ ਅਣਪਛਾਤੇ ਵਿਅਕਤੀਆਂ ਨੇ ਦੁਕਾਨ ਦੇ ਮੁੱਖ ਗੇਟ ’ਤੇ ਕਈ ਰਾਊਂਡ ਫਾਇਰ ਕੀਤੇ, ਜਿਸ ਨਾਲ ਦੁਕਾਨ ਦੇ ਸ਼ੀਸ਼ੇ ਅਤੇ ਦਰਵਾਜ਼ੇ ਚੂਰ-ਚੂਰ ਹੋ ਗਏ।
ਇਸ ਹਮਲੇ ਵਿੱਚ ਕਿਸੇ ਵੀ ਤਰ੍ਹਾਂ ਦੇ ਜਾਨੀ ਨੁਕਸਾਨ ਤੋਂ ਬਚਾਅ ਰਿਹਾ, ਹਾਲਾਂਕਿ ਉਸ ਸਮੇਂ ਦੁਕਾਨ ਦਾ ਮਾਲਕ ਅਤੇ ਚਾਰ ਕਰਮਚਾਰੀ ਅੰਦਰ ਹੀ ਮੌਜੂਦ ਸਨ। ਘਟਨਾ ਦੀ ਸੂਚਨਾ ਮਿਲਦੇ ਹੀ ਐੱਸ ਪੀ ਫਗਵਾੜਾ ਮਾਧਵੀ ਸ਼ਰਮਾ ਅਤੇ ਇੰਸਪੈਕਟਰ ਅਮਨ ਕੁਮਾਰ ਦੇਵਸ਼ਵਰ ਸਮੇਤ ਸੀਨੀਅਰ ਪੁਲੀਸ ਅਧਿਕਾਰੀ ਮੌਕੇ ’ਤੇ ਪਹੁੰਚੇ ਅਤੇ ਸਥਿਤੀ ਦਾ ਜਾਇਜ਼ਾ ਲਿਆ। ਪੁਲੀਸ ਟੀਮਾਂ ਨੇ ਇਲਾਕੇ ਦੀ ਸੀਸੀਟੀਵੀ ਫੁਟੇਜ ਖੰਗਾਲਣੀ ਸ਼ੁਰੂ ਕਰ ਦਿੱਤੀ ਹੈ ਅਤੇ ਮੌਕੇ ਤੋਂ 9mm ਪਿਸਤੌਲ ਦੇ ਲਗਪਗ ਅੱਠ ਖਾਲੀ ਖੋਲ ਬਰਾਮਦ ਕੀਤੇ ਗਏ ਹਨ। ਸਾਬਕਾ ਕੇਂਦਰੀ ਮੰਤਰੀ ਅਤੇ ਫਗਵਾੜਾ ਦੇ ਵਿਧਾਇਕ ਸੋਮ ਪ੍ਰਕਾਸ਼ ਨੇ ਵੀ ਮੌਕੇ ‘ਤੇ ਪਹੁੰਚ ਕੇ ਇਸ ਘਟਨਾ ਦੀ ਸਖ਼ਤ ਨਿਖੇਧੀ ਕੀਤੀ ਅਤੇ ਵਿਗੜ ਰਹੀ ਕਾਨੂੰਨ ਵਿਵਸਥਾ ‘ਤੇ ਚਿੰਤਾ ਪ੍ਰਗਟਾਈ। ਇਹ ਘਟਨਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ਦੇ ਤੈਅ ਦੌਰੇ ਤੋਂ ਮਹਿਜ਼ ਕੁਝ ਘੰਟੇ ਪਹਿਲਾਂ ਵਾਪਰੀ ਹੈ, ਜਿਸ ਕਾਰਨ ਪੁਲੀਸ ਪ੍ਰਸ਼ਾਸਨ ਪੂਰੀ ਤਰ੍ਹਾਂ ਚੌਕਸ ਹੋ ਗਿਆ ਹੈ। ਪੁਲੀਸ ਨੇ ਮਾਮਲਾ ਦਰਜ ਕਰਕੇ ਹਮਲਾਵਰਾਂ ਦੀ ਭਾਲ ਤੇਜ਼ ਕਰ ਦਿੱਤੀ ਹੈ ਅਤੇ ਸ਼ਹਿਰ ਵਿੱਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ।










